ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਨਾਲ ਅਣਅਧਿਕਾਰਤ ਇਮਾਰਤ ਕੀਤੀ ਢੇਰ
Sri Muktsar Sahib News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ।ਇਸ ਮੌਕੇ ਸਿਵਲ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਮਲੋਟ ਅਧੀਨ ਪੈਂਦੇ ਪਿੰਡ ਅਬੁਲ ਖਰਾਣਾ ਵਿੱਚ ਸ਼ਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਜਰਨੈਲ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਮਾਰਤ ਢਾਹੁਣ ਲਈ ਹਦਾਇਤਾਂ ਪ੍ਰਾਪਤ ਕੀਤੀਆਂ ਗਈਆਂ ਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅੱਜ ਇਸ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ।ਇਸ ਮੌਕੇ ਮਨਮੀਤ ਸਿੰਘ ਢਿੱਲੋਂ, ਐਸ.ਪੀ (ਡੀ) ਨੇ ਦੱਸਿਆ ਕਿ ਸ਼ਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਜਰਨੈਲ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ 05 ਮੁਕੱਦਮੇ ਦਰਜ ਹਨ।ਮਨਮੀਤ ਸਿੰਘ ਢਿੱਲੋਂ, ਐਸ.ਪੀ (ਡੀ) ਨੇ ਹੋਰ ਦੱਸਿਆ ਕਿ ਅਭਿਮੰਨਿਊ ਰਾਣਾ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਜੀ ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ, ਉਸ ਦੀ ਜਾਇਦਾਦ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਰਾਹੀਂ ਅਟੈਚ ਕਰਵਾਇਆ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿਡਰ ਹੋ ਕੇ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਰਸਪਾਲ ਸਿੰਘ ਡੀਐਸਪੀ ਡੀ,ਜਸਪਾਲ ਸਿੰਘ ਡੀ ਐਸ ਪੀ ਮਲੋਟ,ਪ੍ਰਦੀਪ ਸਿੰਘ ਡੀਐਸਪੀ ਐਨਡੀਪੀਐਸ. ਇੰਸਪੈਕਟਰ ਵਰੁਣ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਬੀ.ਡੀ.ਪੀ.ਓ ਮਲੋਟ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ 👉CM Bhagwant Singh Mann ਦੀ ਕਥਿਤ ਵੀਡੀਓ ਨੂੰ ਲੈ ਕੇ Hapal Chema ਤੇ Baltej Pannu ਵੱਲੋਂ ਅਹਿਮ ਖੁਲਾਸੇ !
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
