ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਗਈ ਹਫਤਾਵਾਰੀ ਬੈਠਕ
Bathinda News:ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਬੈਠਕ ਕੀਤੀ ਗਈ।ਬੈਠਕ ਦੌਰਾਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੇ ਨਿਪਟਾਰੇ ਬਾਰੇ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਮੂਹ ਵਿਭਾਗੀ ਮੁਖੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਵੇਂ ਹੀ ਪੋਰਟਲ ‘ਤੇ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਉਸ ਉੱਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਸ਼ਿਕਾਇਤ ਮਿਲਣ ਤੋਂ ਲੈ ਕੇ ਉਸ ਉੱਤੇ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਤੱਕ, ਹਰ ਪੜਾਅ ਬਾਰੇ ਸ਼ਿਕਾਇਤਕਰਤਾ ਨੂੰ ਲਾਜ਼ਮੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਬਣੀ ਰਹੇ।ਮੀਟਿੰਗ ਦੌਰਾਨ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵਪਾਰੀ ਵਰਗ ਤੱਕ ਪਹੁੰਚਾਉਣ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਿਰਤ ਵਿਭਾਗ, ਸਿਹਤ ਵਿਭਾਗ, ਪਾਵਰਕਾਮ, ਪੁਲਿਸ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਕਈ ਸ਼ਿਕਾਇਤਾਂ ਸਾਹਮਣੇ ਆਈਆਂ, ਜਿਨ੍ਹਾਂ ਦਾ ਮੌਕੇ ‘ਤੇ ਹੀ ਪੋਰਟਲ ਉੱਤੇ ਨਿਪਟਾਰਾ ਕਰਦਿਆਂ ਰਿਕਾਰਡ ਅਪਡੇਟ ਕੀਤਾ ਗਿਆ।ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ, ਚੇਅਰਮੈਨ ਟ੍ਰੇਡ ਕਮਿਸ਼ਨ ਬਠਿੰਡਾ ਦਿਹਾਤੀ ਨਰੇਸ਼ ਗੋਇਲ ਤੋਂ ਇਲਾਵਾ ਵਪਾਰੀ ਵਰਗ ਦੇ ਹੋਰ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
