ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ਹਲਕਾ ਵਿਧਾਇਕ ਭੁੱਚੋ ਮੰਡੀ ਨੂੰ ਦਿੱਤਾ ਮੰਗ ਪੱਤਰ
Bathinda News:ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਤੇਰ੍ਹਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ‘ਤਾਲਮੇਲ ਕਮੇਟੀ ਪੰਜਾਬ’ ਦੇ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਬਲਜਿੰਦਰ ਮਾਨ,ਲਛਮਣ ਰਾਮਪੁਰਾ,ਹਰਦੀਪ ਤੱਗੜ,ਗੁਰਪ੍ਰੀਤ ਗੁਰੂਸਰ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ,ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਸੰਬੰਧੀ ਕੋਈ ਵੀ ਨੀਤੀ ਨਹੀਂ ਬਣਾਈ ਗਈ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਅਤੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ “ਤਾਲਮੇਲ ਕਮੇਟੀ ਪੰਜਾਬ” ਦੇ ਬੈਨਰ ਹੇਠ ਅੱਜ ਸਮੁੱਚੇ ਪੰਜਾਬ ਵਿੱਚ ਪਿੰਡਾਂ ਵਿੱਚ ਝੰਡਾ ਮਾਰਚ ਕਰਕੇ ‘ਆਪ’ ਸਰਕਾਰ ਅਤੇ ਵਿਰੋਧੀ ਧਿਰ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਿੰਡ ਚੱਕ ਬਖਤੂ,ਚੱਕ ਰਾਮ ਸਿੰਘ ਵਾਲਾ ਅਤੇ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਝੰਡਾ ਮਾਰਚ ਕਰਕੇ ਹਲਕਾ ਵਿਧਾਇਕ ਭੁੱਚੋ ਮੰਡੀ ਮਾ.ਜਗਸੀਰ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ,ਮੰਗ ਪੱਤਰ ਦੇਣ ਉਪਰੰਤ ਪਿੰਡ ਗਿੱਲ,ਗੋਸਲ,ਬਾਲਿਆਂਵਾਲੀ,ਕੋਟੜਾ ਕੌੜਾ,ਲਹਿਰਾ ਧੂਰਕੋਟ ਅਤੇ ਲਹਿਰਾ ਸੌਂਧਾ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਠੇਕਾ ਮੁਲਾਜ਼ਮ ਪੱਖੀ ਕਾਨੂੰਨ ਬਣਾਇਆ ਜਾਵੇ।
