Bathinda News:ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਝਾਰਖੰਡ ਵਿੱਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ ਵਿੱਚ, ਪੁਲਿਸ ਅਤੇ ਹਕੂਮਤੀ ਜਬਰ ਵਿਰੁੱਧ ਵੱਖ ਵੱਖ ਕਾਲਜਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ, ਬਿਕਰ ਪੂਹਲਾ, ਅਤੇ ਅੰਕਿਤਾ ਨੇ ਕਿਹਾ JPSC ਅਤੇ JSSC ਭਰਤੀ ਪ੍ਰੀਖਿਆਵਾਂ ਵਿੱਚ ਹੋਈਆਂ ਕੁਤਾਹੀਆਂ ਵਿਰੁੱਧ ਪਿਛਲੇ ਦਿਨਾਂ ਤੋਂ ਵਿਦਿਆਰਥੀ ਝਾਰਖੰਡ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਪਰ ਝਾਰਖੰਡ ਸਰਕਾਰ ਵੱਲੋਂ ਵਿਦਿਆਰਥੀ ਮੰਗਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਜਿਸ ਕਾਰਨ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਝਾਰਖੰਡ ਸਰਕਾਰ ਦੀ ਸ਼ਹਿ ‘ਤੇ ਪੁਲਿਸ ਵੱਲੋਂ ਵਿਧਾਨ ਸਭਾ ਵੱਲ ਮਾਰਚ ਕਰਦੇ ਵਿਦਿਆਰਥੀਆਂ ਉਪਰ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਝਾਰਖੰਡ ਸਰਕਾਰ ਅਤੇ ਪੁਲਿਸ ਦੇ ਇਸ ਜਾਬਰ ਰਵਈਏ ਦੀ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਇਹ ਵੀ ਪੜ੍ਹੋ ਘਰੇਲੂ ਕਲੈਸ਼ ਨੇ ਪੱਟਿਆ ਇੱਕ ਹੋਰ ਘਰ; ਪਤੀ ਵੱਲੋਂ ਪਤਨੀ ਤੇ ਪਿਊ ਦਾ ਕ*ਤ*ਲ
ਮੰਗ ਕੀਤੀ ਗਈ ਕਿ ਇਸ ਐਕਸ਼ਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਨੁਮਾਇੰਦਿਆਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀਆਂ ਮੰਗਾਂ ਦਾ ਫੌਰੀ ਹੱਲ ਕੀਤਾ ਜਾਵੇ। ਕੇਂਦਰ ਅਤੇ ਰਾਜ ਸਰਕਾਰ ਵੱਲੋਂ ਲਗਾਤਾਰ ਸਿੱਖਿਆ ਦਾ ਨਿੱਜੀਕਰਨ ਅਤੇ ਵਪਾਰੀਕਰਨ ਕੀਤਾ ਜਾ ਰਿਹਾ ਹੈ। ਨਿੱਜੀ ਸਿੱਖਿਆ ਸੰਸਥਾਵਾਂ ਅਤੇ ਕੋਚਿੰਗ ਸੈਂਟਰਾਂ ਨੂੰ ਵਿਦਿਆਰਥੀਆਂ ਦੀ ਲੁੱਟ ਕਰਨ ਲਈ ਖੁੱਲ੍ਹਾ ਦਿੱਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਸੰਸਥਾਵਾਂ ਨੂੰ ਲਗਾਤਾਰ ਖ਼ਤਮ ਕੀਤਾ ਜਾ ਰਿਹਾ ਹੈ। ਉੱਚ ਸਿੱਖਿਆ ਪ੍ਰਾਪਤ ਨੌਜਵਾਨ ਬੇਰੁਜ਼ਗਾਰੀ ਅਤੇ ਅਰਧ-ਬੇਰੁਜ਼ਗਾਰੀ ਦਾ ਸ਼ਿਕਾਰ ਹਨ। ਸਿੱਖਿਆ ਨੀਤੀ 2020 ਤਹਿਤ ਸਿੱਖਿਆ ਦਾ ਨਿੱਜੀਕਰਨ, ਵਪਾਰੀਕਰਨ ਅਤੇ ਭਗਵਾਕਰਨ ਕੀਤਾ ਜਾ ਰਿਹਾ ਹੈ, ਸਰਕਾਰੀ ਸਕੂਲਾਂ, ਕਾਲਜਾਂ ਨੂੰ ਬੰਦ ਕੀਤਾ ਜਾ ਰਿਹਾ ਹੈ ਅਤੇ ਸਲੇਬਸਾਂ ਵਿੱਚ ਪਿਛਾਖੜੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਲਈ ਲਗਾਤਾਰ ਸਰਕਾਰੀ ਬਜ਼ਟ ਘਟਾਇਆ ਜਾ ਰਿਹਾ ਹੈ, ਇਸ ਦੇ ਉਲਟ ਸਰਕਾਰ ਖਜ਼ਾਨੇ ਦਾ ਮੂੰਹ ਕਾਰਪੋਰੇਟਾਂ ਦੇ ਕਰੋੜਾਂ ਰੁਪਏ ਮਾਫ਼ ਕਰਨ ਲਈ ਖੋਲਿਆ ਜਾ ਰਿਹਾ ਹੈ। ਇਸ ਵਿਰੁੱਧ ਉੱਠਣ ਵਾਲੀ ਹਰ ਆਵਾਜ਼ ਨੂੰ ਪੁਲਿਸ ਜਬਰ ਨਾਲ ਦਬਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ Big News; ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ, ਕਰਵਾਇਆ ਹਸਪਤਾਲ ਦਾਖਲ
ਸੰਘਰਸ਼ ਕਰਨ ਦੇ ਹੱਕ ਨੂੰ ਦਰੜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਇਸ ਰਸਤੇ ‘ਤੇ ਹੀ ਚੱਲ ਰਹੀ ਹੈ। ਡਾਕਟਰੀ ਸਿੱਖਿਆ ਪ੍ਰਾਪਤ ਕਰਨਾ ਗ਼ਰੀਬ ਵਿਦਿਆਰਥੀਆਂ ਲਈ ਪਹਿਲਾਂ ਹੀ ਮੁਸ਼ਕਿਲ ਸੀ ਅਤੇ ਪੰਜਾਬ ਸਰਕਾਰ ਨੇ ਇਸ ਦੀਆਂ ਫੀਸਾਂ ਵਿੱਚ ਵਾਧਾ ਕਰਕੇ ਇਸ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਹੋਰ ਦੂਰ ਕੀਤਾ ਹੈ। ਮੁਲਕ ਦੇ ਵਿਦਿਆਰਥੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਦੇ ਮੈਦਾਨ ਵਿੱਚ ਹਨ । ਇਸ ਮੌਕੇ ਵਿਦਿਆਰਥੀਆਂ ਨੂੰ ਜਥੇਬੰਦ ਹੋਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ। ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਵੱਡੀ ਪੱਧਰ ਤੇ ਅਸਾਮੀਆਂ ਖਾਲੀ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਬੇਰੁਜ਼ਗਾਰ ਹਨ ਪਰ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਅਸਾਮੀਆਂ ਭਰਨ ਤੋਂ ਪਿੱਛੇ ਹਟ ਰਹੀ ਹੈ। ਇਸ ਵਿਰੁੱਧ ਸਾਂਝੇ ਸੰਘਰਸ਼ ਉਸਾਰਨ ਦਾ ਸੱਦਾ ਦਿੱਤਾ ਗਿਆ। ਪੀ.ਐੱਸ.ਯੂ. (ਸ਼ਹੀਦ ਰੰਧਾਵਾ) ਦੀ ਅਗਵਾਈ ਵਿੱਚ ਯੂਨੀਵਰਸਿਟੀ ਕਾਲਜ ਘੁੱਦਾ, ਟੀ.ਪੀ.ਡੀ. ਮਾਲਵਾ ਕਾਲਜ (ਰਾਮਪੁਰਾ ਫੂਲ), ਅਤੇ ਯੂਨੀਵਰਸਿਟੀ ਕਾਲਜ ਮੂਣਕ ਵਿੱਚ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਰੈਲੀਆਂ ਕੀਤੀਆਂ ਗਈਆਂ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
