Bathinda News: ਜੇਲ ਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਪਿਛਲੇ ਤਿੰਨ ਦਿਨਾਂ ਤੋਂ ਡੀਸੀ ਦਫਤਰ ਬਠਿੰਡਾ ਅੱਗੇ ਲੱਗੇ ਮੋਰਚੇ ਦੇ ਵਿੱਚ ਡਟੇ ਕਿਸਾਨਾਂ-ਮਜ਼ਦੂਰਾਂ ਵੱਲੋਂ ਸੰਘਰਸ਼ੀ ਲੋਹੜੀ ਮਨਾਈ ਗਈ। ਇਸ ਦੌਰਾਨ ਅੱਜ ਰੋਸ ਧਰਨਾ ਦੇਣ ਤੋਂ ਬਾਅਦ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਅਤੇ ਮਹਿਣਾ ਚੌਂਕ ਦੇ ਬਾਜ਼ਾਰਾਂ ਵਿੱਚੋਂ ਦੀ ਰੋਹ ਭਰਪੂਰ ਮੁਜ਼ਾਹਰਾ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਅੱਜ ਇੱਕ ਪਾਸੇ ਤਾਂ ਪੰਜਾਬ ਸਰਕਾਰ ਜਬਰ ਜੁਲਮ ਦਾ ਟਾਕਰਾ ਕਰਦੇ ਹੋਏ ਸ਼ਹੀਦ ਹੋਏ 40 ਮੁਕਤਿਆਂ ਦੀ ਧਰਤੀ ਮੁਕਤਸਰ ਸਾਹਿਬ ਵਿਖੇ ਰੈਲੀਆਂ ਕਰ ਰਹੇ ਹਨ ਦੂਜੇ ਪਾਸੇ ਚੌਕੇ ਦੇ ਆਦਰਸ਼ ਸਕੂਲ ਦੀ ਮੈਨੇਜਮੈਂਟ ਵੱਲੋਂ ਕੀਤੇ ਭਰਿਸ਼ਟਾਚਾਰ ਦਾ ਪਰਦਾਫਾਸ਼ ਕਰ ਰਹੇ ਉਸ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਭਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕਰਾਉਣ ਲਈ ਸੰਘਰਸ਼ ਦਾ ਸਮਰਥਨ ਕਰਦੇ ਹੋਏ ਅਤੇ ਆਪਣੇ ਪੁਰਖਿਆਂ ਵੱਲੋਂ ਸਦੀਆਂ ਤੋਂ ਆਬਾਦ ਕੀਤੀਆਂ ਜਮੀਨਾਂ ਦੀ ਰਾਖੀ ਦਾ ਸੰਘਰਸ਼ ਕਰਦੇ ਹੋਏ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਨੌ ਮਹੀਨਿਆਂ ਤੋਂ ਬਠਿੰਡਾ ਦੀ ਜੇਲ ਵਿੱਚ ਬੰਦ ਕੀਤਾ ਹੋਇਆ ਹੈ । ਇਥੋਂ ਤੱਕ ਕਿ ਕਿਸਾਨ ਆਗੂ ਸਗਨਦੀਪ ਸਿੰਘ ਦੀ ਮਾਤਾ ਦਾ ਦੇਹਾਂਤ ਹੋਣ ਤੇ ਚੌਥੇ ਦਿਨ ਤੱਕ ਵੀ ਉਸਨੂੰ ਮਾਤਾ ਦੀਆਂ ਸੰਸਾਰਕ ਯਾਤਰਾ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਜਮਾਨਤ ਵੀ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਦੀ ਜੇਲ ਚੋਂ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ। ਸਟੇਜ ਸਕੱਤਰ ਦੀ ਭੂਮਿਕਾ ਜਗਦੇਵ ਸਿੰਘ ਜੋਗੇਵਾਲਾ ਨੇ ਨਿਭਾਈ । ਮੋਰਚੇ ਵਿੱਚ ਅੱਜ ਹਰਜਿੰਦਰ ਸਿੰਘ ਬੱਗੀ, ਜਗਸੀਰ ਸਿੰਘ ਝੁੰਬਾ, ਜਸਵੀਰ ਸਿੰਘ ਬੁਰਜ ਸੇਮਾ, ਜਸਪਾਲ ਸਿੰਘ ਕੋਠਾ ਗੁਰੂ, ਗੁਲਾਬ ਸਿੰਘ ਜਿਉਂਦ, ਨੀਟਾ ਸਿੰਘ ਦਿਓਣ, ਧਰਮਪਾਲ ਸਿੰਘ ਜੰਡੀਆਂ, ਰਣਜੋਧ ਸਿੰਘ ਮਾਹੀ ਨੰਗਲ, ਗੁਰਦੀਪ ਸਿੰਘ ਮਾਈਸਰਖਾਨਾ ਵੀ ਸਾਮਲ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
