Bathinda News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਸਯੁੰਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਇੱਕ ਰੋਜ਼ਾ ਦੇਸ ਵਿਆਪੀ ਹੜਤਾਲ ਦੇ ਸੱਦੇ ਤੇ 24 ਘੰਟੇ ਦੀ ਹੜਤਾਲ ਕਰਕੇ ਪਲਾਂਟ ਦੇ ਮੁੱਖ ਗੇਟ ਤੇ ਭਰਵੀਂ ਇਕੱਤਰਤਾ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਕੀਤਾ ਗਿਆ।ਇਸ ਸਮੇਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾਕੋਸ਼ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ, ਪਾਣੀ, ਸਿਹਤ, ਸਿੱਖਿਆ, ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ,ਲੇਬਰ,ਬਿਜਲੀ,ਪਾਣੀ,ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਲਿਆਂਦੇ ਬਿਜਲੀ ਕਾਨੂੰਨ,ਕਿਰਤ ਕਾਨੂੰਨ,ਜੀ ਰਾਮ ਜੀ ਕਾਨੂੰਨ ਅਤੇ ਬੀਜ ਕਾਨੂੰਨ ਸਮੇਤ ਸਮੂਹ ਕਾਲੇ ਕਾਨੂੰਨ ਰੱਦ ਕੀਤੇ ਜਾਣ,ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ,ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਪੀ. ਐੱਸ.ਯੂ.ਸ਼ਹੀਦ ਰੰਧਾਵਾ ਤੋਂ ਬਿੱਕਰਜੀਤ ਸਿੰਘ ਪੂਹਲਾ,ਕਿਸਾਨ ਆਗੂ ਮੋਠੂ ਸਿੰਘ ਕੋਟੜਾ,ਰੈਗੂਲਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਰਘੁਵੀਰ ਸਿੰਘ,ਸੁਖਦੇਵ ਸਿੰਘ,ਰਾਜਿੰਦਰ ਸਿੰਘ ਨਿੰਮਾ,ਗੁਰਲਾਲ ਸਿੰਘ,ਰਣਜੀਤ ਸਿੰਘ,ਬਲਵਿੰਦਰ ਸਿੰਘ ਅਤੇ ਤਰਸੇਮ ਸਿੰਘ ਆਦਿ ਨੇ ਸੰਬੋਧਨ ਕੀਤਾ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
